ਚੰਡੀਗੜ੍ਹ : ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਿਫਰ ਕਾਲ ਦੌਰਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਮੁੱਦਾ ਉਠਾਉਂਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਧਾਨ ਸਭਾ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਵਾਲਾ ਬਿੱਲ ਲਿਆਏ।’ਆਪ’ ਦੇ ਵਿਰੋਧੀ ਧਿਰ ‘ਚ ਹੋਣ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਮੰਗ ਕਰਨ ਦੀ ਵੀਡੀਓ ਚਲਾਉਂਦੇ ਹੋਏ ਵਿਧਾਇਕ ਚੌਧਰੀ ਨੇ ਕਿਹਾ ਕਿ ਵਿਰੋਧੀ ਧਿਰ ‘ਚ ਹੋਣ ਵੇਲੇ ਸੀ.ਐੱਮ ਮਾਨ ਵੱਡੇ-ਵੱਡੇ ਐਲਾਨ ਤੇ ਵਾਅਦੇ ਕਰਦੇ ਸਨ, ਪਰ ਸਰਕਾਰ ਬਣਨ ਦੇ ਦੋ ਸਾਲ ਬੀਤ ਜਾਣ ਤੋਂ ਬਾਅਦ ਵੀ ਉਹ ਆਪਣੇ ਸ਼ਬਦਾਂ ਨੂੰ ਅਮਲੀ ਰੂਪ ਦੇਣ ਵਿਚ ਅਸਫਲ ਰਹੇ ਹਨ।ਫਿਲੌਰ ਦੇ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਮੁੱਖ ਮੰਤਰੀ ਨੂੰ ਵਿਰੋਧੀ ਧਿਰ ਵਿੱਚ ਰਹਿੰਦਿਆਂ ਆਪਣੇ ਕਹੇ ਸ਼ਬਦਾਂ ‘ਤੇ ਅਮਲ ਕਰਨ ਲਈ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਿਧਾਇਕ ਉਸ ਸਮੇਂ ਐਮਐਸਪੀ ਦੇ ਮੁੱਦੇ ‘ਤੇ ਵਿਧਾਨ ਸਭਾ ਤੋਂ ਵਾਕਆਊਟ ਕਰਦੇ ਸਨ ਪਰ ਹੁਣ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਮੁੱਖ ਮੰਤਰੀ ਮਾਨ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਦੇ ਅੰਦਰ ਬੰਦ ਕਰਨ ਵਰਗੀਆਂ ਬੇਤੁਕੀਆਂ ਸਕੀਮਾਂ ਘੜ ਕੇ ਆਪਣਾ ਸਮਾਂ ਬਰਬਾਦ ਕਰ ਰਹੇ ਹਨ।ਵਿਧਾਇਕ ਚੌਧਰੀ ਨੇ ਮੰਗ ਕੀਤੀ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਤੁਰੰਤ ਬਿੱਲ ਲਿਆਵੇ ਅਤੇ ਪੰਜਾਬ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵੇ।







