ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਐਨ.ਓ.ਸੀ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਲੋਕਾਂ ਦਾ ਵੱਡਾ ਨੁਕਸਾਨ ਕੀਤਾ ਹੈ ਤੇ ਇਸ ਸਮੱਸਿਆਂ ਦੇ ਕਾਰਨ ਲੋਕਾਂ ਦੀਆਂ ਜਿੱਥੇ ਕਿ ਰਜਿਸਟਰੀਆਂ ਨਹੀਂ ਹੋ ਰਹੀਆਂ ਉਥੇ ਹੀ ਤਹਿਸੀਲ ਕੰਪਲੈਕਸ ਵਿੱਚ ਭ੍ਰਿਸ਼ਟਾਚਾਰ ਚੱਲ ਰਿਹਾ ਹੈ ਤੇ ਲੋਕਾਂ ਦੀ ਖੱਜਲ ਖੁਆਰੀ ਹੋ ਰਹੀ ਹੈ।ਇਹ ਗੱਲ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਕੈਂਟ ਹਲਕੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।ਇਸ ਮੌਕੇ ਤੇ ਵਿਧਾਇਕ ਪਰਗਟ ਸਿੰਘ ਵੀ ਉਹਨਾਂ ਦੇ ਨਾਲ ਸਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਐਨ.ਓ.ਸੀ ਦੇ ਨਾਮ ਤੇ ਲੋਕਾਂ ਦੀ ਵੱਡੀ ਲੁੱਟ ਹੋ ਰਹੀ ਹੈ ਤੇ ਤਹਿਸੀਲਾਂ ਵਿੱਚ ਪੈਸੇ ਚੱਲ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਨ.ਓ.ਸੀ ਖ਼ਤਮ ਦਾ ਝੂਠਾ ਬਿਆਨ ਦਿੱਤਾ ਹੈ ਜਦ ਕਿ ਇਹ ਐਨ.ਓ.ਸੀਆਂ ਲੋਕਾਂ ਲਈ ਪ੍ਰੇਸ਼ਾਨੀ ਤੇ ਖੱਜਲ ਖੁਆਰੀ ਦਾ ਸਬੱਬ ਬਣ ਗਈਆਂ ਹਨ। ਉਹਨਾਂ ਕਿਹਾ ਕਿ ਜਲੰਧਰ ਵਿੱਚ ਸੜਕਾਂ ਤੇ ਸਫ਼ਾਈ ਦਾ ਬੁਰਾ ਹਾਲ ਹੈ ਤੇ ਇੱਥੇ ਪ੍ਰਸਾਸ਼ਨ ਵੀ ਗੰਭੀਰਤਾ ਨਹੀਂ ਦਿਖਾ ਰਿਹਾ ਹੈ। ਸ. ਚੰਨੀ ਨੇ ਕਿਹਾ ਇੱਥੇ ਲੋਕਾਂ ਨਾਲ ਲੁੱਟਾਂ ਖੋਹਾਂ ਹੋ ਰਹੀਆਂ ਹਨ ਤੇ ਸੱਟੇ ਵਰਗੇ ਗੈਰ ਕਾਨੂੰਨੀ ਕੰਮ ਸ਼ਰੇਆਮ ਸਿਆਸੀ ਲੀਡਰਾਂ ਦੀ ਸਰਪ੍ਰਸਤੀ ਹੇਠ ਹੋ ਰਹੇ ਹਨ। ਉਹਨਾਂ ਪੁਲਿਸ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਖੜੇ੍ ਕਰਦਿਆਂ ਕਿਹਾ ਕਿ ਜਲੰਧਰ ਦੀ ਹਰ ਗਲੀ ‘ਚ ਚਿੱਟਾ ਵਿਕ ਰਿਹਾ ਹੈ ਪਰ ਪੁਲਿਸ ਦਾ ਕੋਈ ਐਕਸ਼ਨ ਨਹੀਂ ਹੈ। ਚਰਨਜੀਤ ਸਿੰਘ ਚੰਨੀ ਨੇ ਚੋਣ ਮੀਟਿੰਗਾਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਮੁੱਖ ਮੰਤਰੀ ਰਹਿੰਦਿਆਂ ਕਰੋੜਾਂ ਰੁਪਏ ਦੀਆਂ ਗ੍ਰਾਟਾਂ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਪਰ ਇਸ ਸਰਕਾਰ ਨੇ ਆਉਂਦਿਆਂ ਹੀ ਇਹ ਗ੍ਰਾਂਟਾ ਵਾਪਸ ਮੰਗਵਾ ਲਈਆਂ ਤੇ ਢਾਈ ਸਾਲ ਦੇ ਇਸ ਸਰਕਾਰ ਦੇ ਕਾਰਜਕਾਲ ਵਿੱਚ ਕਿਸੇ ਪੰਚਾਇਤ ਜਾਂ ਨਗਰ ਕੌਂਸਲ ਨੂੰ ਕੋਈ ਪੈਸਾ ਨਹੀਂ ਮਿਲਿਆ। ਇਸ ਮੌਕੇ ਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਅੱਜ ਦੇਸ਼ ਵਿੱਚ ਬਦਲਾਉ ਦੀ ਜ਼ਰੂਰਤ ਹੈ ਤੇ ਜੇਕਰ ਇਹ ਬਦਲਾਉ ਨਾ ਕੀਤਾ ਗਿਆ ਤਾਂ ਸੰਵਿਧਾਨ ਨੂੰ ਖ਼ਤਰਾ ਬਣ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸਿਆਸਤ ਵਿੱਚ ਬਦਲਾਉ ਲਿਆਉਣ ਲਈ ਚਰਨਜੀਤ ਸਿੰਘ ਚੰਨੀ ਨੂੰ ਜਿਤਾਉਣਾ ਜ਼ਰੂਰੀ ਹੈ ਤਾਂ ਜੋ ਚੰਨੀ ਪਾਰਲੀਮੈਂਟ ਵਿੱਚ ਜਾ ਕੇ ਪੰਜਾਬ ਦੇ ਮਸਲੇ ਬੇਬਾਕੀ ਨਾਲ ਰੱਖ ਸਕਣ।ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕੈਂਟ ਹਲਕੇ ਦੇ ਪਿੰਡ ਸਰਹਾਲੀ,ਕੁੱਕੜ ਪਿੰਡ ਅਤੇ ਜਲੰਧਰ ਕੈਂਟ ਦੇ ਵੱਖ ਵੱਖ ਵਾਰਡਾਂ ਦੇ ਕੌਂਸਲਰਾਂ ਦੇ ਘਰ ਚੋਣ ਮੀਟਿੰਗਾਂ ਕੀਤੀਆਂ ਜਿਸ ਵਿੱਚ ਵੱਡੀ ਗਿਣਤੀ ‘ਚ ਲੋਕ ਸ਼ਾਮਲ ਹੋਏ ਤੇ ਇੰਨਾਂ ਲੋਕਾਂ ਨੇ ਚਰਨਜੀਤ ਸਿੰਘ ਚੰਨੀ ਦੇ ਹੱਕ ਵਿਚ ਫਤਵਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਦਲ-ਬਦਲੂਆਂ ਨੂੰ ਮੂੰਹ ਨਹੀਂ ਲਗਾਉਣੇ ਤੇ ਕਾਂਗਰਸ ਪਾਰਟੀ ਵਫ਼ਾਦਾਰ ਤੇ ਨਿਧੜਕ ਜਰਨੈਲ ਚਰਨਜੀਤ ਸਿੰਘ ਚੰਨੀ ਨੂੰ ਹੀ ਜਿਤਾਉਣਗੇ।