ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਨੂੰ ਆਜ਼ਾਦ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸਿਬਿਨ ਸੀ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਐਸ.ਐਸ.ਪੀ. ਜਲੰਧਰ (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਆਫ਼ ਪੁਲਿਸ ਜਗਮੋਹਨ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਨਾਲ ਭਾਗ ਲੈਂਦਿਆਂ ਸੀ.ਈ.ਓ. ਨੂੰ ਜਿਮਨੀ ਚੋਣ ਸਬੰਧੀ ਜ਼ਿਲ੍ਹੇ ਵਿੱਚ ਚੱਲ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਤੋਂ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 843299 ਪੁਰਸ਼, 775173 ਮਹਿਲਾ ਅਤੇ 40 ਥਰ਼ਡ ਜੈਂਡਰ ਵੋਟਰਾਂ ਸਮੇਤ ਕੁੱਲ 1618512 ਵੋਟਰਾਂ ਦੀ ਸਹੂਲਤ ਲਈ ਕੁੱਲ 1972 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ, ਜਿਥੇ ਘੱਟੋ-ਘੱਟ ਲੋੜੀਂਦੀਆਂ ਸਹੂਲਤਾਂ ਤਹਿਤ ਪੀਣ ਯੋਗ ਪਾਣੀ, ਬਿਜਲੀ, ਪਖਾਨੇ, ਪੱਖੇ ਕੁਰਸੀਆਂ ਆਦਿ ਸਹੂਲਤਾਂ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ 1972 ਪੋਲਿੰਗ ਸਟੇਸ਼ਨਾਂ ’ਤੇ ਵੈਬ ਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 4839 ਬੈਲਟ ਯੂਨਿਟ, 2927 ਕੰਟਰੋਲ ਯੂਨਿਟ ਅਤੇ 2973 ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲਜ਼ ਉਪਲਬਧ ਹਨ, ਜਿਨ੍ਹਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਚੋਣ ਪ੍ਰਕਿਰਿਆ ਸਬੰਧੀ ਸਾਰੇ ਏ.ਆਰ.ਓਜ਼, ਸੈਕਟਰ ਅਫ਼ਸਰਾਂ, ਵਿਧਾਨ ਸਭਾ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ ਅਤੇ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਪਹਿਲੇ ਗੇੜ ਦੀ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ ਵੱਖ-ਵੱਖ ਚੋਣ ਗਤੀਵਿਧੀਆਂ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੀ-ਵਿਜਿਲ ਐਪ ਤੋਂ ਇਲਾਵਾ ਸ਼ਿਕਾਇਤ ਕੰਟਰੋਲ ਰੂਮ ਸਥਾਪਤ ਕੀਤਾ ਜਾ ਚੁੱਕਾ ਹੈ, ਜੋ ਕਿ 24×7 ਕੰਮ ਰਿਹਾ ਹੈ। ਸਹਾਇਕ ਖਰਚਾ ਅਬਜ਼ਰਵਰ ਤਾਇਨਾਤ ਕਰਨ ਦੇ ਨਾਲ-ਨਾਲ ਉਮੀਦਵਾਰਾਂ ਵੱਲੋਂ ਚੋਣਾਂ ਵਿੱਚ ਕੀਤੇ ਜਾਣ ਵਾਲੇ ਖਰਚ ਦੀ ਨਜ਼ਰਸਾਨੀ ਲਈ ਜ਼ਿਲ੍ਹਾ ਪੱਧਰੀ ਖਰਚਾ ਨਿਗਰਾਨ ਸੈਲ (ਡੀ.ਈ.ਐਮ.ਸੀ.) ਸਥਾਪਤ ਕੀਤਾ ਗਿਆ ਹੈ, ਜਿਸ ਵੱਲੋਂ 13 ਅਪ੍ਰੈਲ ਨੂੰ ਨਾਮਜ਼ਦਗੀਆਂ ਦੀ ਸ਼ੁਰੂਆਤ ਦੇ ਨਾਲ ਆਪਣਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੇਡ ਨਿਊਜ਼ ਤੇ ਹੋਰਨਾਂ ਖ਼ਬਰਾਂ ਅਤੇ ਗੈਰ ਪ੍ਰਵਾਨਿਤ ਇਸ਼ਤਿਹਾਰਾਂ ’ਤੇ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਵੀ ਕਾਇਮ ਕੀਤੀ ਜਾ ਚੁੱਕੀ ਹੈ।
ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਵਿਧਾਨ ਸਭਾ ਹਲਕੇ ਵਿੱਚ 9-9 ਉੱਡਣ ਦਸਤੇ ਕਾਇਮ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵੱਲੋਂ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਸਲਾ ਧਾਰਕਾਂ ਨੂੰ ਆਪੋ-ਆਪਣਾ ਅਸਲਾ ਜਮ੍ਹਾ ਕਰਵਾਉਣ ਲਈ ਧਾਰਾ 144 ਤਹਿਤ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨੇ ਸੀ.ਈ.ਓ. ਨੂੰ ਜਾਣੂ ਕਰਵਾਇਆ ਕਿ ਜਿਮਨੀ ਚੋਣ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕਰਦੇ ਹੋਏ ਲੋੜੀਂਦੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਤਰਰਾਜੀ ਨਾਕਿਆਂ ’ਤੇ ਚੌਕਸੀ ਵਧਾਉਣ ਦੇ ਨਾਲ-ਨਾਲ ਨਾਕਿਆਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾਜ਼ੁਕ ਪੋਲਿੰਗ ਬੂਥਾਂ ’ਤੇ ਵੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਜਾਣਗੇ। ਇਸ ਮੌਕੇ ਸਮੂਹ ਏ.ਆਰ.ਓਜ਼, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਆਦਿ ਵੀ ਮੌਜੂਦ ਸਨ।