ਜਲੰਧਰ : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਲੋਕ ਸਭਾ ਵਿੱਚ ਪੰਜਾਬ ਦੀ ਆਵਾਜ਼ ਬਣਨ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਿਸ ਵਿਅਕਤੀ ਨੇ ਕਦੇ ਵਿਧਾਨ ਸਭਾ ਵਿੱਚ ਲੋਕਾਂ ਦੇ ਮੁੱਦੇ ਨਹੀਂ ਉਠਾਏ, ਉਸ ਤੋਂ ਸੰਸਦ ਵਿੱਚ ਪੰਜਾਬ ਦੀ ਆਵਾਜ਼ ਬਣਨ ਦੀ ਉਮੀਦ ਕਿਵੇਂ ਰੱਖੀ ਜਾ ਸਕਦੀ ਹੈ।ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ‘ਚ ਫਿਲੌਰ ਵਿਧਾਨ ਸਭਾ ਹਲਕੇ ਦੇ ਸਰਗੁੰਦੀ, ਜੱਜਾ ਕਲਾਂ ਅਤੇ ਮਹਿਸਮਪੁਰ ਪਿੰਡਾਂ ਵਿਖੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਨੇ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਵੱਲੋਂ ਆਪਣੇ ਜਲੰਧਰ ਪੱਛਮੀ ਹਲਕੇ ਦੇ ਮੁੱਦੇ ਵਿਧਾਨ ਸਭਾ ‘ਚ ਉਠਾਉਣ ‘ਚ ਨਾਕਾਮ ਰਹਿਣ ‘ਤੇ ਉਨ੍ਹਾਂ ਦੀ ਆਲੋਚਨਾ ਕੀਤੀ।
. ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਰੋਡ ਸ਼ੋਅ ਦੌਰਾਨ ਹਾਲ ਹੀ ਵਿੱਚ ਦਿੱਤੇ ਭਾਸ਼ਣ ‘ਤੇ ਟਿੱਪਣੀ ਕਰਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਰਿਕਾਰਡ ਅਨੁਸਾਰ ਜਦੋਂ ਰਿੰਕੂ ਨੇ ਵਿਧਾਨ ਸਭਾ ਵਿੱਚ ਇੱਕ ਵੀ ਸਵਾਲ ਨਹੀਂ ਉਠਾਇਆ ਤੇ ਨਾ ਹੀ ਕਿਸੇ ਬਹਿਸ ਵਿੱਚ ਹਿੱਸਾ ਲਿਆ ਅਤੇ ਵਿਧਾਨ ਸਭਾ ਵਿੱਚ ਉਹ ਸਿਰਫ ਇੱਕ ਵਾਰ ਸਹੁੰ ਚੁੱਕਣ ਸਮੇਂ ਬੋਲੇ ਸਨ, ਉਦੋਂ ਫਿਰ ਸੰਸਦ ਵਿਚ ਲੋਕਾਂ ਦੀ ਆਵਾਜ਼ ਨੂੰ ਉਠਾਉਣ ਲਈ ਉਨ੍ਹਾਂ ‘ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ ਹੈ।ਮੁੱਖ ਮੰਤਰੀ ਮਾਨ ਵੱਲੋਂ ਗੁਰਾਇਆ-ਨਕੋਦਰ ਸੜਕ ਦੀ ਖਸਤਾ ਹਾਲਤ ਹੋਣ ਦੀ ਟਿੱਪਣੀ ‘ਤੇ ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ‘ਆਪ’ ਸਰਕਾਰ ਦੀ ਵਿਕਾਸ ਵਿਰੋਧੀ ਨੀਤੀ ਕਾਰਨ ਹੀ ਸੜਕ ਦਾ ਨਿਰਮਾਣ ਢਿੱਲੀ ਰਫ਼ਤਾਰ ਨਾਲ ਚੱਲ ਰਿਹਾ ਹੈ। ਉਹਨਾਂ ਆਖਿਆ, “ਪਿਛਲੀ ਕਾਂਗਰਸ ਸਰਕਾਰ ਨੇ ਸੜਕ ਲਈ ਛੇ ਕਰੋੜ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਸੀ ਅਤੇ ਕੰਮ ਸ਼ੁਰੂ ਹੋ ਗਿਆ ਸੀ, ਪਰ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਕੰਮ ਵਿੱਚ ਦੇਰੀ ਕੀਤੀ। ਇਹ ਬਿਆਨ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਸਲ ਵਿੱਚ ਆਪਣੇ ਪ੍ਰਸ਼ਾਸਨ ਦੀ ਨਾਕਾਮੀ ਨੂੰ ਹੀ ਸਵੀਕਾਰ ਕੀਤਾ ਹੈ।”ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ‘ਚ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਦੀ ਬਜਾਏ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੀਆਂ ਗ੍ਰਾਂਟਾਂ ਨੂੰ ਹੀ ਵਾਪਸ ਲੈ ਲਿਆ। ‘ਆਪ’ ਸਰਕਾਰ ਨੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵਿਖੇ ਡਾ. ਬੀ.ਆਰ. ਅੰਬੇਡਕਰ ਅਜਾਇਬ ਘਰ ਦੇ ਨਿਰਮਾਣ ਦਾ ਕੰਮ ਵੀ ਬੰਦ ਕਰ ਦਿੱਤਾ ਹੈ, ਜਿਸ ਦੀ ਸ਼ੁਰੂਆਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ ਸੀ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ 15,000 ਰੁਪਏ ਪ੍ਰਤੀ ਏਕੜ ਦੇਣ ਦੇ ਦਾਅਵੇ ‘ਤੇ ਸਵਾਲ ਉਠਾਉਂਦੇ ਹੋਏ ਵਿਧਾਇਕ ਚੌਧਰੀ ਨੇ ਪੁੱਛਿਆ ਕਿ ਕੀ ਮੁੱਖ ਮੰਤਰੀ ਸਾਹਿਬ ਇਹ ਦਾਅਵਾ ਕਰਦੇ ਸਮੇਂ ਨਸ਼ੇ ‘ਚ ਸਨ, ਕਿਉਂਕਿ ਪੰਜਾਬ ਦੇ ਕਿਸੇ ਵੀ ਕਿਸਾਨ ਨੂੰ ਉਸ ਦਾ ਬਣਦਾ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਫਿਲੌਰ ਦੇ ਲੋਕਾਂ ਨੂੰ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਲੰਧਰ ਦਾ ਵਿਕਾਸ ਅਤੇ ਤਰੱਕੀ ਸਿਰਫ਼ ਕਾਂਗਰਸ ਹੀ ਕਰਵਾ ਸਕਦੀ ਹੈ ਅਤੇ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ‘ਆਪ’ ਦੇ ਝੂਠੇ ਵਾਅਦਿਆਂ ਨੂੰ ਰੱਦ ਕਰਨ।







