ਜਲੰਧਰ: ਫਿਲੌਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਸੱਤਾ ‘ਚ ਆਉਣ ਤੋਂ ਬਾਅਦ ਤੋਂ ਹੀ ਸੂਬੇ ‘ਚ ਭ੍ਰਿਸ਼ਟਾਚਾਰੀਆਂ ਅਤੇ ਰਿਸ਼ਵਤਖੋਰਾਂ ਦੀ ਸਰਕਾਰ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਵੱਖ-ਵੱਖ ਮਾਮਲਿਆਂ ਵਿੱਚ ਹਰ ਦੂਜੇ ਦਿਨ ‘ਆਪ’ ਆਗੂਆਂ ਦੇ ਨਾਂ ਸਾਹਮਣੇ ਆ ਰਹੇ ਹਨ, ਜਿਸ ਕਾਰਨ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠ ਰਿਹਾ ਹੈ ਫਿਲੌਰ ਹਲਕੇ ਦੇ ਦੁਸਾਂਝ ਖੁਰਦ, ਢੰਡਾ, ਚੱਕ ਧੋਥੜ, ਰੰਧਾਵਾ, ਤੱਗੜ ਅਤੇ ਲਸਾੜਾ ਪਿੰਡਾਂ ਵਿਖੇ ਵੱਖ ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਰੋਜ਼ ਆਮ ਆਦਮੀ ਪਾਰਟੀ ਦੇ ਆਗੂ ਕਿਸੇ ਨਾ ਕਿਸੇ ਵਿਵਾਦ ਵਿੱਚ ਉਲਝੇ ਰਹਿੰਦੇ ਹਨ ਅਤੇ ਬੇਸ਼ੱਕ ਇਸ ਪਾਰਟੀ ਦਾ ਦਾਅਵਾ ਹੈ ਕਿ ਇਹ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਪੈਦਾ ਹੋਈ ਹੈ, ਪਰ ਹੁਣ ‘ਆਪ’ ਸਭ ਤੋਂ ਵੱਧ ਭ੍ਰਿਸ਼ਟ ਪਾਰਟੀ ਬਣ ਗਈ ਹੈ ਚੌਧਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਖੰਨਾ ਪੁਲਿਸ ਨੇ ਦੋ ਦੁਕਾਨਦਾਰਾਂ ਤੋਂ ਫਿਰੌਤੀ ਮੰਗਣ ਦੇ ਦੋਸ਼ ‘ਚ ‘ਆਪ’ ਦੇ ਸੂਬਾ ਸੰਯੁਕਤ ਸਕੱਤਰ ਸਮੇਤ ਸੱਤ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਜਲਾਲਾਬਾਦ ਤੋਂ ‘ਆਪ’ ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੈਸੇ ਵਸੂਲਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।ਅਜਿਹੀਆਂ ਹੋਰ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਚੌਧਰੀ ਨੇ ਕਿਹਾ ਕਿ ਪਿਛਲੇ ਸਾਲ ‘ਆਪ’ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟੈਂਡਰਾਂ ‘ਤੇ ਕਮਿਸ਼ਨ ਮੰਗਣ ਦਾ ਦੋਸ਼ ਲਗਾਉਣ ਤੋਂ ਬਾਅਦ ਬਰਖਾਸਤ ਕਰ ਕੇ ਗ੍ਰਿਫਤਾਰ ਕਰ ਲਿਆ ਗਿਆ ਸੀ। ਸਾਬਕਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਅਮਿਤ ਰਤਨ ਕੋਟਫੱਤਾ ਵੀ ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ ਸ਼ਾਮਲ ਸਨ।ਚੌਧਰੀ ਨੇ ਅੱਗੇ ਕਿਹਾ, “ਇਹ ਸੂਚੀ ਇੱਥੇ ਹੀ ਖਤਮ ਨਹੀਂ ਹੁੰਦੀ ਹੈ; ਇੱਥੋਂ ਤੱਕ ਕਿ ‘ਆਪ’ ਦੀ ਉੱਚ ਲੀਡਰਸ਼ਿਪ, ਜਿਸ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦਿੱਲੀ ਦੇ ਸਾਬਕਾ ਕੈਬਨਿਟ ਮੰਤਰੀ ਸਤੇਂਦਰ ਜੈਨ ਅਤੇ ਪੰਜਾਬ ਦੇ ਸੁਪਰ ਸੀਐਮ ਰਾਘਵ ਚੱਢਾ ਵੀ ਸ਼ਾਮਲ ਹਨ, ਵੀ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਸਾਲ ਦੇ ਅੰਦਰ ਹੀ ‘ਮਾਨ ਸਰਕਾਰ’ ਅਸਲ ਵਿੱਚ ‘ਬੇਈਮਾਨ ਸਰਕਾਰ’ ਬਣ ਗਈ ਹੈ ਅਤੇ ਜਲੰਧਰ ਲੋਕ ਸਭਾ ਹਲਕੇ ਦੇ ਲੋਕ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਵਿੱਚ ‘ਆਪ’ ਨੂੰ ਇਤਿਹਾਸਕ ਸਬਕ ਸਿਖਾਉਣ ਲਈ ਤਿਆਰ ਹਨ।