ਜਲੰਧਰ : ਜਲੰਧਰ ਤੋਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ ਜ਼ਿਮਨੀ ਚੋਣ ਨਤੀਜਿਆਂ ਤੋਂ ਸਬਕ ਸਿੱਖੇਗੀ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ‘ਚ ਮਜ਼ਬੂਤੀ ਨਾਲ ਵਾਪਸੀ ਕਰੇਗੀ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਜਲੰਧਰ (ਸ਼ਹਿਰੀ) ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਜਿੰਦਰ ਬੇਰੀ ਦੇ ਨਾਲ ਆਪਣੇ ਨਿਵਾਸ ਸਥਾਨ ‘ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਰਮਜੀਤ ਚੌਧਰੀ ਨੇ ਜ਼ਿਮਨੀ ਚੋਣ ਦੌਰਾਨ ਲੋਕਾਂ ਵੱਲੋਂ ਦਿੱਤੇ ਸਮਰਥਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਚੋਣ ਪ੍ਰਚਾਰ ਦੌਰਾਨ ਰਹੀਆਂ ਕਮੀਆਂ ਪੇਸ਼ੀਆਂ ਨੂੰ ਸੁਧਾਰੇਗੀ ਅਤੇ ਅਗਲੇ ਸਾਲ ਜ਼ੋਰਦਾਰ ਢੰਗ ਨਾਲ ਵਾਪਸੀ ਕਰੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਤੇ ਹਰ ਪਲੇਟਫਾਰਮ ‘ਤੇ ਉਹਨਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪਾਰਟੀ ਪ੍ਰਧਾਨਾਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਹੋਰ ਸੀਨੀਅਰ ਨੇਤਾਵਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਿਸ ਜਲੰਧਰ ਲੋਕ ਸਭਾ ਸੀਟ ਦੀ ਨੁਮਾਇੰਦਗੀ ਉਹਨਾਂ ਦੇ ਪਤੀ ਸਵਰਗੀ ਸੰਤੋਖ ਸਿੰਘ ਚੌਧਰੀ ਨੇ ਕੀਤੀ ਸੀ, ਪਾਰਟੀ ਨੇ ਉਸੇ ਹਲਕੇ ਦੀ ਜ਼ਿਮਨੀ ਚੋਣ ਲਈ ਮੈਨੂੰ ਆਪਣੇ ਉਮੀਦਵਾਰ ਵਜੋਂ ਨੁਮਾਇੰਦਗੀ ਕਰਨ ਦੀ ਜ਼ਿੰਮੇਵਾਰੀ ਦੇ ਕੇ ਮੇਰੇ ‘ਤੇ ਅਥਾਹ ਵਿਸ਼ਵਾਸ ਜਤਾਇਆ ਅਤੇ ਮੈਨੂੰ ਬੇਹੱਦ ਮਾਣ ਬਖਸ਼ਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਜਮਹੂਰੀਅਤ ਦਾ ਕਤਲ ਹੈ ਕਿਉਂਕਿ ਜ਼ਿਮਨੀ ਚੋਣ ਦੌਰਾਨ ‘ਆਪ’ ਨੇ ਪੈਸੇ, ਸ਼ਰਾਬ ਅਤੇ ਡਰ ਰਾਹੀਂ ਵੋਟਾਂ ਖਰੀਦੀਆਂ ਸਨ ਉਨ੍ਹਾਂ ਕਿਹਾ ਕਿ ‘ਆਪ’ ਆਗੂ ਅਕਸਰ ਦਾਅਵਾ ਕਰਦੇ ਹਨ ਕਿ ਇਹ ਇੱਕ ‘ਕੱਟੜ ਇਮਾਨਦਾਰ’ ਪਾਰਟੀ ਹੈ, ਪਰ ਇਹ ਚੋਣ ਜਿੱਤਣ ਲਈ ਉਨ੍ਹਾਂ ਨੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ, ਹਰ ਸਰਕਾਰੀ ਮਹਿਕਮੇ ਰਾਹੀਂ ਵੋਟਰਾਂ ‘ਤੇ ਦਬਾਅ ਪਾਇਆ ਅਤੇ ‘ਆਪ’ ਨੂੰ ਸਮਰਥਨ ਨਾ ਦੇਣ ‘ਤੇ ਕਾਂਗਰਸੀ ਕੌਂਸਲਰਾਂ, ਸਰਪੰਚਾਂ ਤੇ ਪੰਚਾਇਤਾਂ ਨੂੰ ਝੂਠੇ ਕੇਸ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ।ਉਨ੍ਹਾਂ ਕਿਹਾ, “ਇਹ ਚੋਣ ਇਕੱਲੀ ਆਮ ਆਦਮੀ ਪਾਰਟੀ ਨੇ ਨਹੀਂ, ਸਗੋਂ ਪੂਰੀ ਸਰਕਾਰ ਨੇ ਲੜੀ ਸੀ।ਪੂਰੇ ਪ੍ਰਚਾਰ ਦੌਰਾਨ ‘ਆਪ’ ਸਰਕਾਰ ਨੇ ਕਾਂਗਰਸੀ ਆਗੂਆਂ ਅਤੇ ਵੋਟਰਾਂ ਨੂੰ ਧਮਕਾਇਆ; ‘ਆਪ’ ਦੇ ਹਰ ਮੰਤਰੀ ਤੇ ਵਿਧਾਇਕ ਨੇ ਹਲਕੇ ‘ਚ ਚੋਣ ਪ੍ਰਚਾਰ ਕੀਤਾ; ਪੂਰੀ ਸਰਕਾਰੀ ਮਸ਼ੀਨਰੀ ਨੇ ਉਨ੍ਹਾਂ ਲਈ ਵੋਟਾਂ ਮੰਗੀਆਂ; ਅਤੇ ਵੋਟਾਂ ਦੇ ਦਿਨ ਤੋਂ ਪਹਿਲਾਂ ਉਨ੍ਹਾਂ ਨੇ ਸ਼ਰਾਬ ਅਤੇ ਪੈਸੇ ਵੰਡੇ, ਪਰ ਇਸ ਸਭ ਦੇ ਬਾਵਜ਼ੂਦ ‘ਆਪ’ ਦੀ ਜਿੱਤ ਦਾ ਫਰਕ ਕਾਂਗਰਸ ਸਰਕਾਰ ਦੌਰਾਨ ਹੋਈ ਗੁਰਦਾਸਪੁਰ ਜ਼ਿਮਨੀ ਚੋਣ ‘ਚ ਕਾਂਗਰਸ ਪਾਰਟੀ ਦੇ ਜਿੱਤ ਦੇ ਫਰਕ ਨਾਲੋਂ ਬਹੁਤ ਘੱਟ ਸੀ।” ਫਿਲੌਰ ਦੇ ਵਿਧਾਇਕ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਵੀ ‘ਆਪ’ ਆਗੂਆਂ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਅਤੇ ਉਨ੍ਹਾਂ ਦੇ ਵਿਧਾਇਕ, ਆਗੂ ਅਤੇ ਵਰਕਰ ਜਲੰਧਰ ਹਲਕੇ ‘ਚ ਘੁੰਮ ਰਹੇ ਸਨ। ਜਦੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਇਨ੍ਹਾਂ ‘ਆਪ’ ਵਿਧਾਇਕਾਂ ਤੇ ਵਰਕਰਾਂ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਤਾਂ ਉਨ੍ਹਾਂ ‘ਤੇ ਕਾਰਵਾਈ ਕਰਨ ਦੀ ਬਜਾਏ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਜਿਵੇਂ ਕਿ ਸ਼ਾਹਕੋਟ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ ਹੀ ਪਰਚੇ ਦਰਜ ਕਰ ਦਿੱਤੇ ਗਏ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ, ਪਰ ਅਸੀਂ ‘ਆਪ’ ਸਰਕਾਰ ਅੱਗੇ ਨਹੀਂ ਝੁਕਾਂਗੇ ਅਤੇ ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਬੇਇਨਸਾਫ਼ੀਆਂ ਵਿਰੁੱਧ ਡਟ ਕੇ ਲੜਾਂਗੇ।
ਉਨ੍ਹਾਂ ਆਖਿਆ, ”ਮੈਂ ਇਸ ਚੋਣ ਪ੍ਰਚਾਰ ਦੌਰਾਨ ‘ਆਪ’ ਸਰਕਾਰ ਵੱਲੋਂ ਨਿਸ਼ਾਨਾ ਬਣਾਏ ਗਏ ਅਤੇ ਉਹਨਾਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਹਰ ਵਰਕਰ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਚੌਧਰੀ ਪਰਿਵਾਰ ਅਤੇ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੇ ਹਨ।”ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਪ੍ਰਚਾਰ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਵੋਟਰਾਂ ਨੂੰ ਡਰਾਇਆ ਧਮਕਾਇਆ ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਕੰਮ ਲਈ ਸੱਤਾਧਾਰੀ ਪਾਰਟੀ ਦੇ ਕੋਲ ਹੀ ਆਉਣਾ ਪਵੇਗਾ।’ਆਪ’ ਨੂੰ ਜਲੰਧਰ ਦੇ ਵਿਕਾਸ ਲਈ ਕੰਮ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਜਲੰਧਰ ਦੇ ਲੋਕਾਂ ਤੋਂ ਇੱਕ ਮੌਕਾ ਮੰਗਿਆ ਸੀ, ਜੋ ਉਨ੍ਹਾਂ ਨੂੰ ਹੁਣ ਮਿਲ ਗਿਆ ਹੈ ਅਤੇ ਸਰਕਾਰ ਨੂੰ ਅਗਲੇ 12 ਮਹੀਨਿਆਂ ਵਿਚ ਆਪਣੇ ਵੱਡੇ ਵਾਅਦੇ ਪੂਰੇ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਹੀ ਜਲੰਧਰ ਤੋਂ ਰਾਜ ਸਭਾ ਵਿੱਚ ‘ਆਪ’ ਦੇ ਤਿੰਨ ਸੰਸਦ ਮੈਂਬਰ ਹਨ ਅਤੇ ਪੁੱਛਿਆ ਕਿ ਕੀ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਇੱਕ ਸਾਲ ਦੌਰਾਨ ਜਲੰਧਰ ਦੇ ਵਿਕਾਸ ਵਿੱਚ ਉਹਨਾਂ ਵੱਲੋਂ ਪਾਏ ਯੋਗਦਾਨ ਬਾਰੇ ਲੋਕਾਂ ਨੂੰ ਜਾਣੂ ਕਰਵਾ ਸਕਦੇ ਹਨ।