ਜਲੰਧਰ/ਚੰਡੀਗੜ੍ਹ: ਜਲੰਧਰ ਵਿਖੇ ਦਲਿਤ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਿੱਚ ਪੇਪਰ ਦੇਣ ਤੋਂ ਰੋਕਣ ਤੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਸੰਬੰਧੀ ਹਲਕਾ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅੱਜ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੂੰ ਮਿਲੇ ਤੇ ਜਲੰਧਰ ਵਿਖੇ ਵਿਦਿਆਰਥੀਆਂ ਨਾਲ ਘਟਨਾ ਸੰਬੰਧੀ ਲੰਬੀ ਚਰਚਾ ਕੀਤੀ ਕਿ ਕਿਸ ਤਰ੍ਹਾਂ ਦਲਿਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲਿਆਂ ਵਿੱਚ ਪ੍ਰੇਸ਼ਾਨੀ ਆਉਂਦੀ ਹੈ ਤੇ ਕਾਲਜ ਮੁਖੀ ਦਲਿਤ ਵਿਦਿਆਰਥੀਆਂ ਨੂੰ ਪੇਪਰਾਂ ਵਿੱਚ ਬੈਠਣ ਨਹੀਂ ਦਿੰਦੇ ਤੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਹੋ ਰਹੇ ਹਨ। ਸਿੱਖਿਆ ਮੰਤਰੀ ਨੇ ਵਿਧਾਇਕ ਕੋਟਲੀ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਦੇਣ ਤੋਂ ਰੋਕਿਆ ਨਹੀਂ ਜਾਵੇਗਾ ਤੇ ਨਾ ਹੀ ਦਾਖਲਾ ਰੋਕਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਜਲਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨਗੇ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਜਲੰਧਰ ਵਿਖੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਸੰਬੰਧੀ ਤੇ ਹੋਈ ਕੁੱਟਮਾਰ ਦੇ ਮਾਮਲੇ ਸਬੰਧੀ 7 ਜੂਨ ਨੂੰ ਸਵੇਰੇ ਡੀ.ਜੀ.ਪੀ. ਪੰਜਾਬ ਨੂੰ ਮਿਲਣਗੇ ਤੇ ਡੀ.ਐਸ.ਪੀ., ਐਸ.ਐਚ.ਓ. ਤੇ ਏ.ਐਸ.ਆਈ. ਵਿਰੁੱਧ ਕਾਰਵਾਈ ਕਰਾਉਣ ਲਈ ਸ਼ਿਕਾਇਤ ਦੇਵਾਂਗਾ। ਉਨ੍ਹਾਂ ਅੱਗੇ ਕਿਹਾ ਕਿ ਜਾਅਲੀ ਸਰਟੀਫਿਕੇਟਾਂ ਦੇ ਆਧਾਰ ਨੌਕਰੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਵੀ ਸੰਘਰਸ਼ ਵਿੱਚ ਸ਼ਾਮਲ ਵੀ ਹੋਣਗੇ ਅਤੇ ਇਸ ਮਸਲੇ ਨੂੰ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਵੀ ਲਿਆਉਣਗੇ ਅਤੇ ਵਿਧਾਨ ਸਭਾ ਵਿੱਚ ਵੀ ਉਠਾਉਣਗੇ।